ਅਕਾਲੀ ਦਲ ਦੀ ਪਹਿਲੀ ਸੂਚੀ ਜਾਰੀ,ਬੀਬਾ ਬਾਦਲ ਕੀ ਨਹੀਂ ਲੜਨਗੇ ਫਿਰੋਜ਼ਪੁਰ ਤੋਂ ਚੋਣ ?
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਸੂਚੀ ‘ਚ 7 ਉਮੀਦਵਾਰਾਂ ਦਾ ਨਾਂਅ ਐਲਾਨਿਆ ਗਿਆ ਹੈ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ।
ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।ਬਠਿੰਡਾ ਲੋਕ ਸਭਾ ਸੀਟ ਅਕਾਲੀ ਦਲ ਨੇ ਹੋਲਡ ਕਰ ਦਿੱਤੀ ਹੈ। ਹਰਸਿਮਰਤ ਕੌਰ ਬਾਦਲ ਇੱਥੋਂ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਹਿਲੀ ਸੂਚੀ ਵਿੱਚ ਵੀ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਰਚਾ ਹੈ ਕਿ ਪਾਰਟੀ ਇੱਥੇ ਕੋਈ ਹੋਰ ਚਿਹਰਾ ਉਤਾਰ ਸਕਦੀ ਹੈ।
ਪਰ ਇਸ ਨਾਲ ਇੱਕ ਚਰਚਾ ਵੀ ਛਿੜ ਗਈ ਹੈ ਕਿ ਆਖ਼ਰ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ‘ਪੱਕੀ ਸੀਟ’ ਬਠਿੰਡਾ ਤੇ ਫਿਰੋਜ਼ਪੁਰ ਤੋਂ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।