ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।
ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ।ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿੱਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ ਵਿੱਚੋਂ ਉਸ ਨੇ 9 ਜਿੱਤੀਆਂ।