ਪੰਜਾਬ ਦੇ ਇੱਕ ਹੋਰ ਆਈ.ਏ.ਐਸ ਨੇ ਦਿੱਤਾ ਅਸਤੀਫ਼ਾ
ਪੰਜਾਬ ਦੇ 2015 ਬੈਚ ਦੇ ਇੱਕ ਹੋਰ ਆਈਏਐਸ ਅਧਿਕਾਰੀ ਕਰਨੈਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਮੀਡਿਆ ਰਿਪੋਰਟਾਂ ਮੁਤਾਬਕ ਉਹ ਪੋਸਟਿੰਗ ਨਾ ਮਿਲਣ ਤੋਂ ਨਾਰਾਜ਼ ਸਨ, ਜਦੋਂ ਕਿ ਹੁਣ ਉਨ੍ਹਾਂ ਦੀ ਸੇਵਾਮੁਕਤੀ ਦੇ 5 ਮਹੀਨੇ ਬਾਕੀ ਹਨ, ਉਹ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਕਰਨੈਲ ਸਿੰਘ ਨੇ ਮੀਡੀਆ ਸਾਹਮਣੇ ਇਕਬਾਲ ਕੀਤਾ ਹੈ ਕਿ ਉਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪਰ ਉਸ ਨੂੰ ਪਿਛਲੇ ਦੋ ਮਹੀਨਿਆਂ ਤੋਂ ਪੋਸਟਿੰਗ ਨਹੀਂ ਮਿਲੀ ਹੈ। ਉਨ੍ਹਾਂ ਦੀ ਸੇਵਾਮੁਕਤੀ ‘ਚ 5 ਮਹੀਨੇ ਬਾਕੀ ਹਨ। ਅਜਿਹੇ ‘ਚ ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਅਰਜ਼ੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਉਹ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।
ਇਸ ਤੋਂ ਪਹਿਲਾਂ ਇੱਕ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਜਿਸ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਦਸਤਖਤ ਤੋਂ ਬਾਅਦ ਹੀ ਇਹ ਅਸਤੀਫਾ ਮਨਜ਼ੂਰੀ ਲਈ ਕੇਂਦਰੀ ਪ੍ਰਸੋਨਲ ਵਿਭਾਗ ਕੋਲ ਜਾਵੇਗਾ। ਪਰਮਪਾਲ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ। ਹਾਲਾਂਕਿ ਇਸ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਉਲਝਿਆ ਹੋਇਆ ਹੈ।